ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਕੀਤੀ ਜਾ ਰਹੀ ਆਨਾਕਾਨੀ ਖ਼ਿਲਾਫ਼ ਸੂਬੇ ਭਰ ਦੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਰੋਹ ਦੀ ਲਗਾਤਾਰਤਾ ਨੂੰ ਜਾਰੀ ਰਖਦਿਆਂ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਭਰ ਵਿੱਚ ਕਰੀਬ 15 ਜ਼ਿਲਿਆਂ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕਣ ਸਮੇਤ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਆਪ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ਼ ਪੁਰਾਣੀ ਪੈਨਸ਼ਨ ਬਹਾਲੀ ਦਾ ਲਿਖਤੀ ਵਾਅਦਾ ਕੀਤਾ ਗਿਆ ਸੀ। ਇੰਨਾ ਹੀ ਨਹੀਂ ਸਗੋਂ ਆਮ ਆਦਮੀ ਪਾਰਟੀ ਬਾਕੀ ਗਰੰਟੀਆਂ ਵਾਂਗ ਆਪਣੇ ਚੋਣ ਮੈਨੀਫੈਸਟੋ ਵਿੱਚ ਲਿਖਤੀ ਰੂਪ ਵਿੱਚ ਪੈਨਸ਼ਨ ਬਹਾਲ ਕਰਨ ਦੀ ਗਰੰਟੀ ਕੀਤੀ ਗਈ ਸੀ। ਪ੍ਰੰਤੂ ਲੱਗਭਗ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੈਨਸ਼ਨ ਬਹਾਲੀ ਸਬੰਧੀ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ।

ਮੁਲਾਜ਼ਮਾਂ ਦੀ ਭਖਵੀਂ ਮੰਗ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ ਤੇ ਚਲਦਿਆਂ ਯੂਨੀਫਾਈਡ (ਯੂ ਪੀ, ਐੱਸ) ਪੈਨਸ਼ਨ ਸਕੀਮ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੂਬੇ ਭਰ ਵਿਚ ਵੱਖ ਥਾਵਾਂ ਤੇ ਲਗਾਏ ਗਏ ਧਰਨਿਆਂ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ..
ਆਗੂਆਂ ਨੇ ਕਿਹਾ ਕਿ ਨਵੰਬਰ 2022 ਵਿੱਚ ਆਪ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਜਿਸ ਨੂੰ ਠੀਕ ਢੰਗ ਨਾਲ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਲਾਗੂ ਕਰਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਇਨਕਲਾਬੀ ਤਬਦੀਲੀ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦਾ ਅਧਿਆਪਕ ਵਿਰੋਧੀ ਚਿਹਰਾ ਬੁਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਉਨ੍ਹਾਂ ਕਿਹਾ ਪਹਿਲਾਂ ਕੀਤੇ ਗਏ ਕੰਮਾਂ ਦੇ ਨੀਂਹ ਪੱਥਰਾਂ ਉਦਘਾਟਨਾਂ ਦੀਆਂ ਫੋਟੋਆਂ ਨਾਲ ਫੋਕੀ ਵਾਹ ਵਾਹ ਖੱਟਣ ਦੇ ਰਾਹ ਪਈ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਜੇਬਾਂ ਵਿਚੋਂ ਚੱਲੇ ਪੈਸਿਆਂ ਦੀ ਹਾਲੇ ਤੱਕ ਅਦਾਇਗੀ ਨਹੀਂ ਕੀਤੀ ਗਈ।

ਆਗੂਆਂ ਨੇ ਪੁਰਾਣੀ ਪੈਨਸ਼ਨ ਬਹਾਲੀ ਦੀ ਜ਼ੋਰਦਾਰ ਵਕਾਲਤ ਕਰਦਿਆਂ ਕਿਹਾ ਕਿ ਪੈਨਸ਼ਨ ਦਾ ਵਿਸ਼ਾ ਨਿਰੋਲ਼ ਸੂਬੇ ਦਾ ਵਿਸ਼ਾ ਹੈ ਇਸ ਸਬੰਧੀ ਹਿਮਾਚਲ ਅਤੇ ਰਾਜਸਥਾਨ ਸਮੇਤ ਅਨੇਕਾਂ ਸੂਬਾ ਸਰਕਾਰਾਂ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਰੱਖਿਆ ਹੋਇਆ ਹੈ।ਸਿਤਮ ਜ਼ਰੀਫੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਪੇਂਡੂ ਭੱਤੇ ਸਮੇਤ ਸੂਬੇ ਦੇ ਮੁਲਾਜ਼ਮਾਂ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਨੂੰ ਬਹਾਲ ਕਰਨ ਤੋਂ ਮੁਨਕਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਡੀ,ਏ, ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਲਈ,ਏ,ਸੀ ,ਪੀ, ਸਕੀਮ ਚਾਲੂ ਕਰਾਉਣ ਲਈ, ਕੰਪਿਊਟਰ ਅਧਿਆਪਕਾਂ, ਐਨ ਐਸ ਕਿਉਂ ਐਫ਼ ਐਸੋਸੀਏਟ ਟੀਚਰਾਂ,ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਰੈਗੂਲਰ ਕਰਾਉਣ, ਹਿੱਤ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਅੱਜ ਦੇ ਰੋਸ਼ ਪ੍ਰਦਰਸਨ ਵਿੱਚ ਸੂਬਾ ਭਰ ਦੇ ਸੈਂਕੜੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ