ਧਮਕੀ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ
Amritsar Airport Bomb Threat
Amritsar : ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਸ਼ਨੀਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਪੁਲਿਸ ਨੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।
ਅੰਮ੍ਰਿਤਸਰ ਪੁਲਿਸ ਦੀ ਟੀਮ ਨੇ ਫ਼ਿਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਂਅ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਉਸ ਦੇ ਨਾਮਜ਼ਦ ਕੀਤੇ ਦੋ ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਅੰਮ੍ਰਿਤਸਰ ਏਅਰਪੋਰਟ ਨੂੰ ਦਿੱਤੀ ਗਈ ਸੀ।
Amritsar Airport Bomb Threat
ਈਮੇਲ ਅੰਮ੍ਰਿਤਸਰ ਏਅਰਪੋਰਟ ਅਥਾਰਟੀ ਨੂੰ ਭੇਜੀ ਗਈ ਸੀ। ਈਮੇਲ ਵਿੱਚ ਮੁਲਜ਼ਮਾਂ ਨੇ ਹਵਾਈ ਅੱਡੇ ਵਿੱਚ ਵੱਖ-ਵੱਖ ਥਾਵਾਂ ’ਤੇ ਕੁੱਲ 6 ਬੰਬ ਰੱਖਣ ਦਾ ਦਾਅਵਾ ਕੀਤਾ ਸੀ। ਮੁਲਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ 1 ਕਰੋੜ ਰੁਪਏ ਦਿੱਤੇ ਜਾਣ, ਨਹੀਂ ਤਾਂ ਉਹ ਏਅਰਪੋਰਟ ਨੂੰ ਬੰਬ ਨਾਲ ਉਡਾ ਦੇਣਗੇ। ਈਮੇਲ ਵਿੱਚ ਦਿੱਤੀ ਗਈ ਜਾਣਕਾਰੀ ਅੰਮ੍ਰਿਤਸਰ ਪੁਲਿਸ ਨਾਲ ਸਾਂਝੀ ਕੀਤੀ ਗਈ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦਾ ਸਾਈਬਰ ਵਿਭਾਗ ਸਰਗਰਮ ਹੋ ਗਿਆ।
ਅੰਮ੍ਰਿਤਸਰ ਪੁਲਿਸ ਦੀ ਸਾਈਬਰ ਕ੍ਰਾਈਮ ਟੀਮ ਨੇ ਈਮੇਲ ਭੇਜਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। IP ਐਡਰੈੱਸ ਤੋਂ ਮੁਲਜ਼ਮ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਮੁਲਜ਼ਮ ਦੀ ਪਛਾਣ ਗੁਰਦੇਵ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਪੁਲਿਸ ਨੂੰ ਦੋ ਹੋਰ ਮੁਲਜ਼ਮਾਂ ਬਾਰੇ ਦੱਸਿਆ। ਪੁਲਿਸ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।