Education system: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਅਗਲੇ ਵਿੱਦਿਅਕ ਵਰ੍ਹੇ ਤੋਂ ‘ਸਕੂਲ ਆਫ਼ ਐਮੀਨੈਂਸ’ ਸ਼ੁਰੂ ਹੋ ਜਾਣਗੇ ਤੇ ਹਾਲੇ ਇਨ੍ਹਾਂ ਸਕੂਲਾਂ ਦੀ ਸ਼ਨਾਖ਼ਤ ਦਾ ਕੰਮ ਚੱਲ ਰਿਹਾ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਭਗਵੰਤ ਮਾਨ ਸਰਕਾਰ ਪੰਜਾਬ ਦੇ ਸਿੱਖਿਆ ਪ੍ਰਬੰਧ ਦੀ ਕਾਇਆ-ਕਲਪ ਕਰਨ ਦੀ ਪਲਾਨਿੰਗ ਕਰ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਢਾਂਚੇ ਦੀ ਜ਼ਮੀਨੀ ਹਕੀਕਤ ਜਾਣਨ ਲਈ ਪੰਜਾਬ ਵਿੱਚ 19,123 ਸਰਕਾਰੀ ਸਕੂਲਾਂ ਦਾ ਸਰਵੇ ਕਰਵਾਇਆ ਹੈ। ਇਸ ਸਰਵੇ ਦੇ ਆਧਾਰ ਉੱਪਰ ਅਗਲੇ ਸਮੇਂ ਅੰਦਰ ਵੱਡੇ ਕਦਮ ਉਠਾਏ ਜਾ ਰਹੇ ਹਨ।
Education System
ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਅਗਲੇ ਵਿੱਦਿਅਕ ਵਰ੍ਹੇ ਤੋਂ ‘ਸਕੂਲ ਆਫ਼ ਐਮੀਨੈਂਸ’ ਸ਼ੁਰੂ ਹੋ ਜਾਣਗੇ ਤੇ ਹਾਲੇ ਇਨ੍ਹਾਂ ਸਕੂਲਾਂ ਦੀ ਸ਼ਨਾਖ਼ਤ ਦਾ ਕੰਮ ਚੱਲ ਰਿਹਾ ਹੈ। ‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਤੋਂ ਬਾਰ੍ਹਵੀਂ ਤੱਕ ਦੀ ਪੜ੍ਹਾਈ ਹੋਵੇਗੀ ਤੇ ਬਾਕੀ ਕਲਾਸਾਂ ਲਈ ਦੋ ਕਿਲੋਮੀਟਰ ਦੇ ਦਾਇਰੇ ਦੇ ਸਕੂਲ ਵਿਚ ਬੱਚੇ ਪੜ੍ਹਨਗੇ।
ਉਨ੍ਹਾਂ ਕਿਹਾ ਕਿ ਸਥਾਪਿਤ ਹੋ ਚੁੱਕੇ ਸਕੂਲਾਂ ਵਿਚੋਂ ਚਾਹੇ ਉਹ ਸਮਾਰਟ ਹੈ ਤੇ ਚਾਹੇ ਮੈਰੀਟੋਰੀਅਸ ਸਕੂਲ ਹੈ, ਉਹ ਸਕੂਲ ਕਹਿਣ ਨੂੰ ਹੀ ਸਮਾਰਟ ਹਨ, ਅਜਿਹੇ ਸਕੂਲ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦੇ ਨਹੀਂ। ਅਜਿਹੇ ਸਕੂਲਾਂ ’ਚ ਸਭ ਘਾਟਾਂ ਨੂੰ ਪੂਰਾ ਕਰਕੇ ਅਜਿਹਾ ਮਾਹੌਲ ਸਿਰਜਿਆ ਜਾਵੇਗਾ ਕਿ ਦਾਖ਼ਲੇ ਲਈ ਕਤਾਰਾਂ ਲੱਗਣ। ਮੁਕਾਬਲੇ ਦੀ ਪ੍ਰੀਖਿਆ ਲਈ ਬੱਚੇ ਤਿਆਰ ਕੀਤੇ ਜਾਣਗੇ ਤੇ ਇਨ੍ਹਾਂ ਸਕੂਲਾਂ ਵਿੱਚ ਕਰੀਬ ਤਿੰਨ ਲੱਖ ਬੱਚਿਆਂ ਨੂੰ ਪੜ੍ਹਾਏ ਜਾਣ ਦਾ ਟੀਚਾ ਰੱਖਿਆ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ‘ਆਪ’ ਸਰਕਾਰ ਵੱਲੋਂ ਜਲਦ ਹੀ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਇਹ ਸਕੂਲ ‘ਦਿੱਲੀ ਮਾਡਲ’ ਦੀ ਤਰਜ਼ ’ਤੇ ਬਣਾਏ ਜਾਣਗੇ। ਸਰਕਾਰ ਵੱਲੋਂ 200 ਕਰੋੜ ਦੇ ਬਜਟ ਨਾਲ ਮੁੱਢਲੇ ਪੜਾਅ ’ਤੇ ਸੂਬੇ ’ਚ 100 ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਤਬਦੀਲ ਕੀਤਾ ਜਾਣਾ ਹੈ। ਸੂਤਰਾਂ ਅਨੁਸਾਰ ਸਰਵੇ ਵਿੱਚ ਮੁੱਖ ਤੌਰ ’ਤੇ ‘ਸਮਾਰਟ ਸਕੂਲ’ ਹੀ ਉੱਭਰ ਕੇ ਸਾਹਮਣੇ ਆਏ ਹਨ ਜੋ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾਣ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ। ਕਾਂਗਰਸੀ ਹਕੂਮਤ ਸਮੇਂ 13,844 ਸਮਾਰਟ ਸਕੂਲ ਬਣਾਏ ਗਏ ਸਨ।
Education System
More News Video